ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ
- ਜੇਲ੍ਹ ਮੰਤਰੀ ਨੇ ਕੈਦੀਆਂ ਲਈ ਸਹੂਲਤਾਂ, ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਦੀ ਕੀਤੀ ਜਾਂਚ
ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ :- ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ 

- ਡਾ. ਰਵਜੋਤ ਸਿੰਘ ਨੇ ਵਾਤਾਵਰਣ ਦੀ ਸੰਭਾਲ ਲਈ ਜਨਾਨਾ ਜੇਲ੍ਹ ਵਿੱਚ ਬੂਟਾ ਵੀ ਲਗਾਇਆ

ਲੁਧਿਆਣਾ, 17 ਅਪ੍ਰੈਲ (ਮਨਜੀਤ ਸਿੰਘ ਰੋਮਾਣਾ) ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਲੁਧਿਆਣਾ ਦਾ ਦੌਰਾ ਕਰਕੇ ਵਿਆਪਕ ਨਿਰੀਖਣ ਕੀਤਾ ਅਤੇ ਕੈਦੀਆਂ, ਵਿਚਾਰ ਅਧੀਨ ਕੈਦੀਆਂ ਲਈ ਸਹੂਲਤਾਂ ਦਾ ਮੁਲਾਂਕਣ ਕੀਤਾ। 

ਸਭ ਤੋਂ ਪਹਿਲਾਂ ਕੇਂਦਰੀ ਜੇਲ੍ਹ ਲੁਧਿਆਣਾ ਪਹੁੰਚਣ 'ਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਇਸ ਤੋਂ ਬਾਅਦ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕੇਂਦਰੀ ਜੇਲ੍ਹ ਅੰਦਰ ਬੈਰਕਾਂ, ਹਾਈ ਸਕਿਉਰਟੀ ਜੋਨ, ਰਸੋਈ, ਭੋਜਨ ਸੇਵਾਵਾਂ, ਫੈਕਟਰੀ, ਪੀ.ਸੀ.ਓ, ਬੇਕਰੀ, ਤਰਖਾਣ, ਵੈਲਡਿੰਗ, ਪਾਵਰਲੂਮ, ਬੁਣਾਈ, ਲੱਕੜ ਦਾ ਕੰਮ ਅਤੇ ਟੇਲਰਿੰਗ ਵਰਕਸ਼ਾਪਾਂ ਵਰਗੇ ਕਿੱਤਾਮੁਖੀ ਭਾਗਾਂ ਦਾ ਦੌਰਾ ਕੀਤਾ। ਉਨ੍ਹਾਂ ਸੀ.ਸੀ.ਟੀ.ਵੀ ਕੰਟਰੋਲ ਰੂਮ ਅਤੇ ਹੋਰ ਮਨੋਰੰਜਨ ਸਹੂਲਤਾਂ ਦਾ ਵੀ ਨਿਰੀਖਣ ਕੀਤਾ। ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਨੂੰ ਹੁਨਰ ਵਿਕਾਸ ਲਈ ਕੈਦੀਆਂ ਲਈ ਉਪਲਬਧ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕੰਪਿਊਟਰ ਰੂਮ ਦਾ ਵੀ ਦੌਰਾ ਕੀਤਾ। 

ਉਨ੍ਹਾਂ ਨੇ ਜੇਲ੍ਹ ਅੰਦਰ ਸਫ਼ਾਈ ਅਤੇ ਹੋਰ ਸਹੂਲਤਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਉਨ੍ਹਾਂ ਰਸੋਈ ਦੇ ਖਾਣੇ ਦਾ ਵੀ ਸੁਆਦ ਲਿਆ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਫਾਈ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਖਾਸ ਕਰਕੇ ਰਸੋਈ ਵਿੱਚ, ਜਿੱਥੇ ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਫਾਈ ਦਾ ਨਿੱਜੀ ਤੌਰ 'ਤੇ ਮੁਲਾਂਕਣ ਕੀਤਾ। 

ਕੇਂਦਰੀ ਜੇਲ੍ਹ ਅੰਦਰ ਕੈਦੀਆਂ ਨੇ ਡਾ. ਰਵਜੋਤ ਸਿੰਘ ਨੂੰ ਮਾਤਾ-ਪਿਤਾ 'ਤੇ ਆਪ ਲਿਖੇ ਗੀਤ ਸੁਣਾ ਕੇ ਸੱਭਿਆਚਾਰ ਦਾ ਭਰਪੂਰ ਰੰਗ ਬੰਨਿਆ। ਜਿਸ 'ਤੇ ਡਾ. ਰਵਜੋਤ ਸਿੰਘ ਨੇ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਕੈਦੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

ਡਾ. ਰਵਜੋਤ ਸਿੰਘ ਨੇ ਜੇਲ੍ਹ ਦੇ ਹਸਪਤਾਲ ਦਾ ਦੌਰਾ ਕਰਕੇ ਡਾਕਟਰੀ ਸੇਵਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਇਕੱਠੀ ਕੀਤੀ, ਜਿਸ ਵਿੱਚ ਓਟ ਕਲੀਨਿਕ, ਐੱਚ.ਆਈ.ਵੀ ਲਈ ਐਂਟੀਰੇਟਰੋਵਾਇਰਲ ਥੈਰੇਪੀ (ਏ.ਆਰ.ਟੀ), ਟੀ.ਬੀ ਦੇ ਇਲਾਜ ਅਤੇ ਕਾਉਂਸਲਿੰਗ ਪ੍ਰੋਗਰਾਮ ਸ਼ਾਮਲ ਹਨ। ਹਸਪਤਾਲ ਦੇ ਡਾਕਟਰਾਂ ਨੇ ਜੇਲ੍ਹ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਐਕਸਰੇ ਕਰਨ ਲਈ ਪੋਟੇਬਲ ਐਕਸਰੇ ਮਸ਼ੀਨ, ਲੈਬੋਰਟਰੀ ਵਿੱਚ ਟੈਸਟ ਲਈ ਸੈਲ ਕਾਊਂਟਰ ਅਤੇ ਆਈਨਾ ਲਾਈਜਰ ਮਸ਼ੀਨਾਂ ਦੀ ਜ਼ਰੂਰਤ ਹੈ।‌ ਜੇਲ੍ਹ ਮੰਤਰੀ ਨੇ ਹਸਪਤਾਲ ਦੇ ਮੈਡੀਕਲ ਅਫਸਰ ਡਾ. ਅਮਿਤ ਅਰੋੜਾ ਨੂੰ ਪੋਟੇਬਲ ਐਕਸਰੇ ਮਸ਼ੀਨ, ਟੈਸਟ ਲਈ ਸੈਲ ਕਾਊਂਟਰ ਅਤੇ ਆਈਨਾ ਲਾਈਜਰ ਮਸ਼ੀਨਾਂ ਦੀ ਡੀਮਾਂਡ ਭੇਜਣ ਦੇ ਆਦੇਸ਼ ਦਿੱਤੇ।

ਜੇਲ੍ਹ ਮੰਤਰੀ ਨੇ ਕੇਂਦਰੀ ਜੇਲ੍ਹ ਅੰਦਰ ਚੱਲ ਰਹੇ ਰੇਡੀਓ ਉਜਾਲਾ ਪੰਜਾਬ ਰਾਹੀਂ ਲੁਧਿਆਣਾ ਦੀਆਂ ਜੇਲ੍ਹਾਂ ਅੰਦਰ ਕੈਦੀਆਂ ਨੂੰ ਸੰਦੇਸ਼ ਦਿੰਦਿਆਂ ਦੱਸਿਆ ਕਿ ਉਹ ਅੱਜ ਜੇਲ੍ਹ ਦਾ ਦੌਰਾ ਕਰਨ ਲਈ ਆਏ ਹਨ। ਉਨ੍ਹਾਂ ਕੈਦੀਆਂ ਨੂੰ ਕਿਹਾ ਕਿ ਪਿਛਲੀਆਂ ਗਲਤੀਆਂ ਨੂੰ ਛੱਡ ਕੇ ਜਿੰਦਗੀ ਦਾ ਰਹਿੰਦਾ ਸਮਾਂ ਕਾਨੂੰਨ ਦੀ ਪਾਲਣਾ ਕਰਦੇ ਹੋਏ ਬਤੀਤ ਕਰਨ। ਜੇਲ੍ਹ ਵਿੱਚ ਚੱਲ ਰਹੀਆਂ ਗਤੀਵਿਧੀਆਂ ਚਾਹੇ ਉਹ ਕੰਮ ਸਬੰਧੀ ਹੋਣ, ਖੇਡਾਂ ਸਬੰਧੀ ਹੋਣ ਅਤੇ ਜਾਂ ਫਿਰ ਪੜ੍ਹਾਈ ਸਬੰਧੀ ਹੋਵੇ ਆਦਿ ਵਿੱਚ ਆਪਣੇ ਆਪ ਨੂੰ ਰੁੱਝੇ ਰੱਖੋ। ਮੈਂ ਤੁਹਾਡੇ ਸਾਰਿਆਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕਰਦਾ ਹਾਂ।

ਇਸ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਜਨਾਨਾ ਜੇਲ੍ਹ ਵਿੱਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਆਪਕ ਜਾਇਜ਼ਾ ਲਿਆ। ਉਨ੍ਹਾਂ ਨੇ ਜੇਲ੍ਹ ਵਿੱਚ ਭੋਜਨ ਸੇਵਾਵਾਂ, ਡਾਕਟਰੀ ਸਹੂਲਤਾਂ, ਲੀਗਲ ਏਡ ਕਲੀਨਿਕ, ਪੀ.ਸੀ.ਓ, ਲਾਇਬਰੇਰੀ, ਬੈਰਕਾਂ, ਫੈਕਟਰੀ ਅਤੇ ਹੋਰ ਕਿੱਤਾਮੁਖੀ ਇਕਾਈਆਂ ਸਮੇਤ ਮੁੱਖ ਸਹੂਲਤਾਂ ਦਾ ਨਿੱਜੀ ਤੌਰ 'ਤੇ ਨਿਰੀਖਣ ਕੀਤਾ।

ਡਾ. ਰਵਜੋਤ ਸਿੰਘ ਨੇ ਜਨਾਨਾ ਜੇਲ੍ਹ ਦੇ ਹਸਪਤਾਲ ਦਾ ਦੌਰਾ ਕਰਕੇ ਡਾਕਟਰੀ ਸੇਵਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਇਕੱਠੀ ਕੀਤੀ। ਇਸ ਮੌਕੇ ਹਸਪਤਾਲ ਦੀ ਮੈਡੀਕਲ ਅਫਸਰ ਜਨਾਨਾ ਜੇਲ੍ਹ ਲੁਧਿਆਣਾ ਡਾ. ਸੁਨੇਈਆ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਹ ਇੱਕਲੇ ਹੀ 24 ਘੰਟੇ ਦੀ ਸ਼ਿਫਟ 'ਤੇ ਤਾਇਨਾਤ ਹਨ। ਓ.ਪੀ.ਡੀ, ਮੈਡੀਕਲ ਬਣਾਉਣੇ ਅਤੇ ਨਵੇਂ ਆਏ ਕੈਦੀਆਂ ਦੇ ਚੈੱਕਅੱਪ ਅਤੇ ਰਾਤ ਸਮੇਂ ਐਮਰਜੈਂਸੀ ਡਿਊਟੀ ਸੰਭਾਲ ਰਹੇ ਹਨ। ਇਸ ਲਈ ਇੱਕ ਹੋਰ ਅਡੀਸ਼ਨਲ ਮੈਡੀਕਲ ਅਫਸਰ ਤੈਨਾਤ ਕੀਤਾ ਜਾਵੇ। ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਦਲਬੀਰ ਸਿੰਘ ਕਾਹਲੋ ਨੂੰ ਆਦੇਸ਼ ਦਿੱਤੇ ਕਿ ਅਡੀਸ਼ਨਲ ਮੈਡੀਕਲ ਅਫਸਰ ਤਾਇਨਾਤ ਕਰਨ ਲਈ ਸਿਵਲ ਸਰਜਨ ਲੁਧਿਆਣਾ ਨੂੰ ਡਿਮਾਂਡ ਭੇਜਣ।

ਡਾ. ਰਵਜੋਤ ਸਿੰਘ ਵੱਲੋਂ ਜਨਾਨਾ ਜੇਲ੍ਹ, ਲੁਧਿਆਣਾ ਦੀਆਂ ਬੰਦੀ ਔਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤਾ ਜਾ ਰਿਹਾ ਖਾਣਾ ਅਤੇ ਉਨ੍ਹਾਂ ਦੇ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਨੇ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ 'ਤੇ ਵਕੀਲ ਹਾਇਰ ਕਰਨ ਵਿੱਚ ਅਸਮਰੱਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ।

ਜੇਲ੍ਹ ਮੰਤਰੀ ਨੇ ਅੱਗੇ ਦੱਸਿਆ ਕਿ ਲੁਧਿਆਣਾ ਦੀ ਮਹਿਲਾ ਜੇਲ੍ਹ ਦਾ ਇਹ ਦੌਰਾ ਕਰਨਾ ਇਸ ਲਈ ਯਕੀਨੀ ਬਣਾਉਣ 'ਤੇ ਕੇਂਦਰਿਤ ਸੀ ਕਿ ਮਹਿਲਾ ਕੈਦੀਆਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਮੁੱਦੇ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਕਿਸੇ ਵੀ ਸਮੱਸਿਆ ਨੂੰ ਜਲਦ ਹੱਲ ਕਰਨ ਅਤੇ ਸਾਰੀਆਂ ਔਰਤਾਂ ਨਾਲ ਨਿਰਪੱਖ ਵਿਵਹਾਰ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿੱਚ ਬੰਦੀ ਔਰਤਾਂ ਨਾਲ ਰਹਿ ਰਹੇ ਛੋਟੇ ਬੱਚਿਆਂ ਨੂੰ ਵੀ ਮਿਲੇ ਅਤੇ ਉਨ੍ਹਾਂ ਨੂੰ ਸਟੇਸ਼ਨਰੀ ਕਿੱਟਾ ਵੀ ਦਿੱਤੀਆਂ‌ ਅਤੇ ਬੱਚਿਆਂ ਨੂੰ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ।

ਜੇਲ੍ਹ ਨਿਰੀਖਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ। ਇੱਥੇ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਨੂੰ ਸੁਧਾਰ ਘਰ ਬਣਾਇਆ ਹੈ। ਜੇਲ੍ਹਾਂ ਨੂੰ ਸਹੀ ਅਰਥਾਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰੇਕ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ.ਸੀ.ਟੀ.ਵੀ ਕੈਮਰੇ ਸਥਾਪਤ ਕੀਤੇ ਗਏ ਹਨ। 

ਜੇਲ੍ਹ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਵਿਕਾਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਦਾ ਪੰਜਾਬ ਦੇਖਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ।

ਜੇਲ੍ਹ ਮੰਤਰੀ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਜਨਾਨਾ ਜੇਲ੍ਹ ਲੁਧਿਆਣਾ ਦੇ ਅੰਦਰ ਬੂਟਾ ਵੀ ਲਗਾਇਆ।

ਉਨ੍ਹਾਂ ਨੇ ਜਾਣ ਤੋਂ ਪਹਿਲਾਂ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਵਿਜ਼ਟਰ ਰਜਿਸਟਰ ਵਿੱਚ ਆਪਣੇ ਸੁਝਾਅ ਵੀ ਦਰਜ ਕੀਤੇ।

ਇਸ ਮੌਕੇ ਡੀ.ਆਈ.ਜੀ ਜੇਲ੍ਹ ਸੁਰਿੰਦਰਜੀਤ ਸਿੰਘ ਮੰਡ, ਏ.ਡੀ.ਸੀ.ਪੀ-4 ਲੁਧਿਆਣਾ ਜਸ਼ਨਦੀਪ ਸਿੰਘ ਗਿੱਲ, ਕੇਂਦਰੀ ਜੇਲ੍ਹ ਦੇ ਸੁਪਰਡੈਂਟ ਕੁਲਵੰਤ ਸਿੰਘ ਸਿੱਧੂ, ਅਡੀਸ਼ਨਲ ਜੇਲ੍ਹ ਸੁਪਰਡੈਂਟ ਬਲਵੀਰ ਸਿੰਘ, ਜਨਾਨਾ ਜੇਲ੍ਹ ਦੇ ਸੁਪਰਡੈਂਟ ਦਲਬੀਰ ਸਿੰਘ ਕਾਹਲੋ, ਡਿਪਟੀ ਸੁਪਰਡੈਂਟ ਰਵਨੀਤ ਕੌਰ ਢਿੱਲੋਂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ