ਕੇਂਦਰ ਸਰਕਾਰ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ’ਤੇ 1000 ਸ਼ਰਧਾਲੂਆਂ ਦਾ ਜੱਥਾ ਭੇਜਣ ਦੀ ਪ੍ਰਵਾਨਗੀ

ਕੇਂਦਰ ਸਰਕਾਰ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ’ਤੇ 1000 ਸ਼ਰਧਾਲੂਆਂ ਦਾ ਜੱਥਾ ਭੇਜਣ ਦੀ ਪ੍ਰਵਾਨਗੀ
13 ਸਾਲਾਂ ਬਾਅਦ ਭਾਰਤ ਤੇ ਪਾਕਿਸਤਾਨ ਸਮੇਤ ਸਮੁੱਚੀ ਦੁਨੀਆਂ ਵਿਚ ਪੰਥਕ ਸੰਗਠਨ ਇਕ ਤਾਰੀਕ ਨੂੰ ਮਨਾਉਣਗੇ ਸ਼ਹੀਦੀ ਪੁਰਬ: ਕਾਲਕਾ, ਕਾਹਲੋਂ

ਨਵੀਂ ਦਿੱਲੀ, 1 ਜੂਨ (ਮਨਜੀਤ ਸਿੰਘ ਰੋਮਾਣਾ) ਕੇਂਦਰ ਸਰਕਾਰ ਨੇ 18 ਜੂਨ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 1000 ਸ਼ਰਧਾਲੂਆਂ ਨੂੰ ਜੱਥਾ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ 13 ਸਾਲਾਂ ਬਾਅਦ ਹੋਵੇਗਾ ਕਿ ਭਾਰਤ ਅਤੇ ਪਾਕਿਸਤਾਨ ਸਮੇਤ ਸਮੁੱਚੀ ਦੁਨੀਆਂ ਵਿਚ ਪੰਥਕ ਸੰਗਠਨ ਇਕ ਹੀ ਤਾਰੀਕ ਨੂੰ ਗੁਰਪੁਰਬ ਮਨਾਉਣਗੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ।
ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਸਾਡੇ ਕਮੇਟੀ ਮੈਂਬਰ ਸਰਦਾਰ ਪਰਮਜੀਤ ਸਿੰਘ ਚੰਢੋਕ ਲਗਾਤਾਰ ਕੇਂਦਰ ਸਰਕਾਰ ਖਾਸ ਤੌਰ ’ਤੇ ਵਿਦੇਸ਼ ਮੰਤਰਾਲੇ ਦੇ ਸੰਪਰਕ ਵਿਚ ਸਨ ਤਾਂ ਜੋ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਜੱਥਾ ਭੇਜਣ ਦੇ ਯਤਨਾਂ ਦੀ ਪੈਰਵੀ ਕਰ ਰਹੇ ਸਨ। ਉਹਨਾਂ ਦੱਸਿਆ ਕਿ ਸ਼ਹੀਦੀ ਦਿਹਾੜਾ ਮਨਾਉਣ ਲਈ ਜੱਥਾ 10 ਜੂਨ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਿਚ ਦਾਖਲ ਹੋਵੇਗਾ ਅਤੇ 18 ਤਾਰੀਕ ਨੂੰ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ 19 ਜੂਨ ਨੂੰ ਵਾਹਗਾ ਸਰਹੱਦ ਰਾਹੀਂ ਹੀ ਵਾਪਸ ਪਰਤੇਗਾ।
ਉਹਨਾਂ ਦੱਸਿਆ ਕਿ ਇਸ 1000 ਸ਼ਰਧਾਲੂਆਂ ਦੇ ਜੱਥੇ ਵਿਚ 600 ਸ਼ਰਧਾਲੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣਗੇ ਜਦੋਂ ਕਿ 300 ਸ਼ਰਧਾਲੂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 300 ਸ਼ਰਧਾਲੂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦੇਸ਼ ਦੇ ਹੋਰ ਭਾਗਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਭੇਜੇ ਜਾਣਗੇ।
ਉਹਨਾਂ ਦੱਸਿਆ ਕਿ 13 ਸਾਲਾਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕਿ ਭਾਰਤ ਅਤੇ ਪਾਕਿਸਤਾਨ ਸਮੇਤ ਸਮੁੱਚੀ ਦੁਨੀਆਂ ਵਿਚ ਪੰਥਕ ਸੰਗਠਨ ਇਕ ਹੀ ਤਾਰੀਕ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣਗੇ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਬਾਦਲ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਤੇ ਉਹਨਾਂ ਦੀ ਜੁੰਡਲੀ ਨੇ ਦੇਸ਼ ਤੇ ਦੁਨੀਆਂ ਵਿਚ ਕੌਮ ਨੂੰ ਹਮੇਸ਼ਾ ਦੋ-ਦੋ ਸੰਗਰਾਂਦਾ, ਦੋ-ਦੋ ਗੁਰਪੁਰਬ ਮਨਾਉਣ ਦੇ ਕੁਰਾਹੇ ਪਾਇਆ ਹੈ ਪਰ ਹੁਣ ਪੰਥਕ ਧਿਰਾਂ ਵੱਲੋਂ ਕੀਤੇ ਸਾਂਝੇ ਯਤਨਾਂ ਦੀ ਬਦੌਲਤ ਐਤਕੀਂ ਇਕ ਹੀ ਤਾਰੀਕ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਰਦਾਰ ਗੁਰਮੀਤ ਸਿੰਘ ਭਾਟੀਆ ਜੱਥੇ ਦੀ ਅਗਵਾਈ ਕਰਦਿਆਂ ਪਾਕਿਸਤਾਨ ਪਹੁੰਚਣਗੇ।
ਉਹਨਾਂ ਇਹ ਵੀ ਦੱਸਿਆ ਕਿ ਸ਼ਹੀਦੀ ਦਿਹਾੜੇ ਤੋਂ ਇਲਾਵਾ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ’ਤੇ ਵੀ ਜੱਥਾ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤਹਿਤ 500 ਸ਼ਰਧਾਲੂਆਂ ਦਾ ਜੱਥਾ ਜਾਵੇਗਾ ਜਿਸ ਵਿਚ 300 ਸ਼ਰਧਾਲੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣਗੇ ਤੇ ਬਾਕੀ ਦੇ 200 ਸ਼ਰਧਾਲੂਆਂ ਵਿਚੋਂ 100 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 100 ਸ਼ਰਧਾਲੂ ਹਰਿਆਣਾ ਕਮੇਟੀ ਤੇ ਹੋਰ ਪ੍ਰਬੰਧਕ ਕਮੇਟੀਆਂ ਵੱਲੋਂ ਭੇਜੇ ਜਾਣਗੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ