ਧੀਆਂ ਨੂੰ ਕੈਂਸਰ ਤੋਂ ਬਚਾਉਣ ਲਈ ਸੁਨਹਿਰੀ ਮੌਕਾ, ਐਚ.ਪੀ.ਵੀ. ਮੁਹਿੰਮ 90 ਦਿਨ ਹੋਰ ਵਧੀ"

ਧੀਆਂ ਨੂੰ ਕੈਂਸਰ ਤੋਂ ਬਚਾਉਣ ਲਈ ਸੁਨਹਿਰੀ ਮੌਕਾ, ਐਚ.ਪੀ.ਵੀ. ਮੁਹਿੰਮ 90 ਦਿਨ ਹੋਰ ਵਧੀ"

ਲੁਧਿਆਣਾ 2 ਜੂਨ (ਮਨਜੀਤ ਸਿੰਘ ਰੋਮਾਣਾ) ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਸਿਹਤ ਕੇਂਦਰ ਸੁਧਾਰ ਵਿਖੇ ਐਚ.ਪੀ.ਵੀ. ਟੀਕਾਕਰਨ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਤਾਲਮੇਲ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੁਧਾਰ ਡਾ. ਦਵਿੰਦਰ ਕੁਮਾਰ ਵੱਲੋਂ ਕੀਤੀ ਗਈ। ਇਸ ਮੌਕੇ ਧਾਰਮਿਕ ਆਗੂਆਂ, ਵੱਖ-ਵੱਖ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ, ਲੇਡੀ ਹੈਲਥ ਵਿਜ਼ਿਟਰਾਂ, ਸਹਾਇਕ ਨਰਸ ਦਾਈਆਂ, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
ਮੀਟਿੰਗ ਦੌਰਾਨ ਡਾ. ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ 14 ਸਾਲ ਦੀਆਂ ਉਹ ਲੜਕੀਆਂ, ਜਿਨ੍ਹਾਂ ਦਾ ਚੌਦਵਾਂ ਜਨਮ ਦਿਨ ਹੋ ਚੁੱਕਾ ਹੈ ਪਰ ਪੰਦਰਵਾਂ ਨਹੀਂ ਹੋਇਆ, ਨੂੰ ਐਚ.ਪੀ.ਵੀ. ਦਾ ਟੀਕਾ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਹੋਰ 90 ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਲੜਕੀ ਇਸ ਜੀਵਨ-ਰੱਖਿਅਕ ਟੀਕੇ ਤੋਂ ਵਾਂਝੀ ਨਾ ਰਹੇ ਅਤੇ ਸੌ ਫ਼ੀਸਦੀ ਟੀਕਾਕਰਨ ਦਾ ਟੀਚਾ ਹਾਸਲ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਐਚ.ਪੀ.ਵੀ. ਟੀਕਾ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਇੱਕ ਪ੍ਰਭਾਵਸ਼ਾਲੀ ਸਾਧਨ ਹੈ। ਇਹ ਟੀਕਾ ਲੜਕੀਆਂ ਨੂੰ ਭਵਿੱਖ ਵਿੱਚ ਹੋ ਸਕਣ ਵਾਲੀਆਂ ਗੰਭੀਰ ਬਿਮਾਰੀਆਂ ਦੇ ਖਤਰੇ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਵਿਸ਼ਵ ਪੱਧਰ 'ਤੇ ਇਸ ਟੀਕੇ ਦੀ ਸੁਰੱਖਿਆ ਅਤੇ ਪ੍ਰਭਾਵਸ਼ੀਲਤਾ ਸਾਬਤ ਹੋ ਚੁੱਕੀ ਹੈ ਅਤੇ ਇਸ ਨੂੰ ਜਨ ਸਿਹਤ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।
ਉਨਾਂ ਕਿਹਾ ਕਿ ਸਕੂਲਾਂ ਅਤੇ ਕਮਿਊਨਿਟੀ ਪੱਧਰ 'ਤੇ ਵਿਸ਼ੇਸ਼ ਸੈਸ਼ਨ ਲਗਾ ਕੇ ਬਾਕੀ ਰਹਿੰਦੀਆਂ ਸਾਰੀਆਂ ਯੋਗ ਲੜਕੀਆਂ ਤੱਕ ਪਹੁੰਚ ਬਣਾਈ ਜਾਵੇਗੀ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ-ਵਾਰ ਸੂਚੀਆਂ ਤਿਆਰ ਕਰਕੇ ਘਰ-ਘਰ ਸੰਪਰਕ ਕੀਤਾ ਜਾਵੇ ਅਤੇ ਕੋਈ ਵੀ ਲਾਭਪਾਤਰੀ ਛੁੱਟਣ ਨਾ ਪਾਵੇ। ਉਨ੍ਹਾਂ ਸਿੱਖਿਆ ਵਿਭਾਗ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਨਾਲ ਤਾਲਮੇਲ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਧਾਰਮਿਕ ਆਗੂਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਐਚ.ਪੀ.ਵੀ. ਟੀਕੇ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਅਤੇ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੇ ਭਰਮ ਜਾਂ ਅਫ਼ਵਾਹਾਂ ਨੂੰ ਦੂਰ ਕਰਨ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ।
ਇਸ ਮੌਕੇ ਲੇਡੀ ਹੈਲਥ ਵਿਜ਼ਿਟਰਾਂ, ਸਹਾਇਕ ਨਰਸ ਦਾਈਆਂ ਅਤੇ ਆਸ਼ਾ ਵਰਕਰਾਂ ਨੂੰ ਸਾਰੀਆਂ ਵੈਕਸੀਨਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਅਤੇ ਮਿਆਦ ਪਹਿਲਾਂ ਖਤਮ ਹੋਣ ਵਾਲੀਆਂ ਖੁਰਾਕਾਂ ਨੂੰ ਪਹਿਲ ਦੇ ਆਧਾਰ 'ਤੇ ਵਰਤਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਤਾਂ ਜੋ ਵੈਕਸੀਨਾਂ ਦੀ ਕਿਸੇ ਵੀ ਤਰ੍ਹਾਂ ਦੀ ਬਰਬਾਦੀ ਨੂੰ ਰੋਕਿਆ ਜਾ ਸਕੇ।
ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਜ਼ਿਲ੍ਹੇ ਦੇ ਸਮੂਹ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਧੀਆਂ ਦੀ ਸਿਹਤ ਅਤੇ ਸੁਨਹਿਰੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਐਚ.ਪੀ.ਵੀ. ਟੀਕਾਕਰਨ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਟੀਕਾ ਧੀਆਂ ਨੂੰ ਇੱਕ ਗੰਭੀਰ ਅਤੇ ਜਾਨਲੇਵਾ ਬਿਮਾਰੀ ਤੋਂ ਬਚਾਉਣ ਲਈ ਸੁਰੱਖਿਆ ਕਵਚ ਵਜੋਂ ਕੰਮ ਕਰਦਾ ਹੈ। ਉਨ੍ਹਾਂ ਮਾਪਿਆਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਜਾਣਕਾਰੀ ਲਈ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
ਮੀਟਿੰਗ ਦੇ ਅੰਤ ਵਿੱਚ ਸਾਰੇ ਧਾਰਮਿਕ ਆਗੂਆਂ, ਪੰਚਾਇਤੀ ਨੁਮਾਇੰਦਿਆਂ ਅਤੇ ਸਿਹਤ ਕਰਮਚਾਰੀਆਂ ਨੇ ਵਧਾਈ ਗਈ ਐਚ.ਪੀ.ਵੀ. ਟੀਕਾਕਰਨ ਮੁਹਿੰਮ ਨੂੰ ਪੂਰੀ ਤਨਦੇਹੀ ਨਾਲ ਸਫ਼ਲ ਬਣਾਉਣ, ਹਰੇਕ ਯੋਗ ਲੜਕੀ ਤੱਕ ਪਹੁੰਚ ਯਕੀਨੀ ਬਣਾਉਣ ਅਤੇ ਵੈਕਸੀਨਾਂ ਦੀ ਬਰਬਾਦੀ ਰੋਕਣ ਲਈ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ