ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਵੱਲੋਂ ਨੀਟ ਪੇਪਰ ਲੀਕ ਅਤੇ ਸੀ.ਬੀ.ਐਸ.ਈ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਵੱਲੋਂ ਨੀਟ ਪੇਪਰ ਲੀਕ ਅਤੇ ਸੀ.ਬੀ.ਐਸ.ਈ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
ਲੁਧਿਆਣਾ 02 ਜੂਨ (ਮਨਜੀਤ ਸਿੰਘ ਰੋਮਾਣਾ) ਅੱਜ ਜ਼ਿਲ੍ਹਾਂ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਵੱਲੋਂ ਸੰਜੇ ਤਲਵਾੜ (ਸਾਬਕਾ ਵਿਧਾਇਕ) ਪ੍ਰਧਾਨ ਜ਼ਿਲ੍ਹਾਂ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਦੀ ਅਗਵਾਈ ਹੇਠ ਨੀਟ ਪੇਪਰ ਲੀਕ ਅਤੇ ਸੀ.ਬੀ.ਐਸ.ਈ ਵਿੱਚ ਫੈਲੀ ਅਵਿਵਸਥਾ ਅਤੇ ਮਾੜੇ ਪ੍ਰਬੰਧਾਂ ਦੇ ਵਿਰੋਧ ਵਿੱਚ ਜਗਰਾਉਂ ਪੁਲ ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। 
ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਸਨ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ, ਸੀਨੀਅਰ ਕਾਂਗਰਸੀ ਆਗੂਆ ਨੇ ਕਿਹਾ ਕਿ ਦੇਸ਼ ਭਰ ਤੋਂ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ ਵਿੱਚ ਇਹ ਸਾਹਮਣੇ ਆਇਆ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਦੂਜੀ ਵਾਰ ਹੋਇਆ ਹੈ, ਜਦੋਂ ਨੀਟ ਦਾ ਪੇਪਰ ਲੀਕ ਹੋਇਆ ਹੈ, ਲੇਕਿਨ ਇਸ ਮਾਮਲੇ ਵਿੱਚ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।
ਸੀਨੀਅਰ ਕਾਂਗਰਸੀ ਆਗੂਆ ਨੇ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆਵਾਂ ਕਰਵਾਉਣ ਵਿੱਚ ਨਾਕਾਮ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ ਭੰਗ ਕੀਤਾ ਜਾਵੇ ਅਤੇ ਨੀਟ ਪ੍ਰੀਖਿਆਵਾਂ ਦੇ ਆਯੋਜਨ ਲਈ ਇੱਕ ਪੂਰੀ ਤਰ੍ਹਾਂ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ, ਕਿਉਂਕਿ ਇਹ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ।
ਉਨ੍ਹਾਂ ਨੇ ਸੀ.ਬੀ.ਐਸ.ਈ ਦੀ ਆਨਲਾਈਨ ਸਕਰੀਨ ਮਾਰਕਿੰਗ (ਓਐਸਐਮ) ਪ੍ਰਣਾਲੀ ਵਿੱਚ ਪਾਈਆਂ ਗਈਆਂ ਗੰਭੀਰ ਖਾਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ, ਕਿਉਂਕਿ ਜਿਸ ਕੰਪਨੀ ਕੋਐਮਪਟ ਐਡੂਟੈਕ ਨੂੰ ਇਸਦਾ ਠੇਕਾ ਦਿੱਤਾ ਗਿਆ ਹੈ, ਉਸ ਕੋਲ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਲੋੜੀਂਦਾ ਤਜਰਬਾ ਅਤੇ ਮਹਾਰਤ ਨਹੀਂ ਹੈ।
ਸੀਨੀਅਰ ਕਾਂਗਰਸੀ ਆਗੂਆ ਨੇ ਖੁਲਾਸਾ ਕੀਤਾ ਕਿ ਕੋਐਮਪਟ ਐਡੂਟੈਕ ਨੂੰ ਵਿਸ਼ੇਸ਼ ਛੋਟਾਂ ਦੇ ਕੇ ਠੇਕਾ ਦਿੱਤਾ ਗਿਆ ਸੀ ਅਤੇ ਇਸ ਲਈ ਨਿਯਮਾਂ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਇਸ ਕੰਪਨੀ ਨੂੰ ਪਹਿਲਾਂ ਤੇਲੰਗਾਨਾ ਸਰਕਾਰ ਵੱਲੋਂ ਬਲੈਕਲਿਸਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਆਖ਼ਿਰ ਇਸ ਕੰਪਨੀ ਨੂੰ ਵਿਸ਼ੇਸ਼ ਰਿਆਇਤਾਂ ਕਿਉਂ ਦਿੱਤੀਆਂ ਗਈਆਂ ਸਨ, ਜਦਕਿ ਇਹ ਵਿਦਿਆਰਥੀਆਂ ਦੇ ਭਵਿੱਖ ਅਤੇ ਕਰੀਅਰ ਨਾਲ ਖਿਲਵਾੜ ਕਰ ਰਹੀ ਹੈ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰਦਿਆਂ ਸਵਾਲ ਕੀਤਾ ਕਿ ਜਦੋਂ ਇਹ ਆਪਣੇ ਹਰ ਫਰਜ਼ ਵਿੱਚ ਅਸਫਲ ਰਹੇ ਹਨ, ਤਾਂ ਪ੍ਰਧਾਨ ਮੰਤਰੀ ਮੋਦੀ ਇਨ੍ਹਾਂ ਨੂੰ ਬਚਾਉਣ ਅਤੇ ਸੁਰੱਖਿਆ ਦੇਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ। ਇਸ ਮੌਕੇ ਤੇ ਸਿਮਰਜੀਤ ਸਿੰਘ ਬੈਂਸ , ਸੁਰਿੰਦਰ ਡਾਵਰ, ਬਲਵਿੰਦਰ ਸਿੰਘ ਬੈਂਸ,ਪਵਨ ਦੀਵਾਨ, ਕੇ ਕੇ ਬਾਵਾ, ਸੁਰਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ