ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ
ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਰਾਹੀਂ ਪਿੰਡਾਂ ਤੱਕ ਪਹੁੰਚਿਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼
ਬਲਾਕ ਮਾਛੀਵਾੜਾ ਸਾਹਿਬ ਅਤੇ ਰਾਏਕੋਟ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਕਰਵਾਇਆ ਜਾਣੂ
ਲੁਧਿਆਣਾ, 16 ਜੁਲਾਈ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਬੀਤੀ ਸ਼ਾਮ ਪ੍ਰਚਾਰ ਵੈਨਾਂ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਟੋਡਰਪੁਰ ਅਤੇ ਪਿੰਡ ਬਰ੍ਹਮਾਂ, ਜਦਕਿ ਬਲਾਕ ਰਾਏਕੋਟ ਦੇ ਪਿੰਡ ਬੋਪਾਰਾਏ ਖੁਰਦ ਅਤੇ ਪਿੰਡ ਧੂਰਕੋਟ ਵਿਖੇ ਪੁੱਜੀਆਂ, ਜਿੱਥੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਪੰਚਾਇਤ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਕੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਅਮੁੱਲੇ ਯੋਗਦਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦੇ ਸੰਦੇਸ਼ 'ਤੇ ਆਧਾਰਿਤ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਡਾਕੂਮੈਂਟਰੀ ਰਾਹੀਂ ਗੁਰੂ ਸਾਹਿਬ ਦੇ ਉੱਚ ਆਦਰਸ਼ਾਂ, ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ, ਮਨੁੱਖੀ ਬਰਾਬਰੀ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਗਿਆ।
ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਆਗੂਆਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਜੀਵਨ ਦਰਸ਼ਨ ਨਾਲ ਜੋੜਨ ਲਈ ਇਸ ਪਹਿਲ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ।
ਪੰਜਾਬ ਸਰਕਾਰ ਵੱਲੋਂ ਇਹ ਜਾਗਰੂਕਤਾ ਮੁਹਿੰਮ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਹੈ, ਤਾਂ ਜੋ ਸ਼੍ਰੀ ਗੁਰੂ ਰਵਿਦਾਸ ਜੀ ਦੇ ਮਨੁੱਖਤਾ, ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਅਨੁਸਾਰ ਸਮਾਜ ਦੀ ਉਸਾਰੀ ਲਈ ਪ੍ਰੇਰਿਤ ਕੀਤਾ ਜਾ ਸਕੇ।
*ਡੱਬੀ ਲਈ ਪ੍ਰਸਤਾਵਿਤ*
ਜ਼ਿਕਰਯੋਗ ਹੈ ਕਿ 17 ਜੁਲਾਈ ਨੂੰ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਕਕਰਾਲਾ ਕਲਾਂ ਵਿਖੇ ਸ਼ਾਮ 6:00 ਵਜੇ ਅਤੇ ਪਿੰਡ ਕਕਰਾਲਾ ਖੁਰਦ ਵਿਖੇ ਸ਼ਾਮ 7:00 ਅਤੇ ਬਲਾਕ ਰਾਏਕੋਟ ਦੇ ਪਿੰਡ ਜਲਾਲਦੀਵਾਲ ਵਿਖੇ ਸ਼ਾਮ 6:00 ਵਜੇ ਅਤੇ ਪਿੰਡ ਰਾਜਗੜ੍ਹ ਵਿਖੇ ਸ਼ਾਮ 7:00 ਵਜੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ।
टिप्पणियाँ
एक टिप्पणी भेजें