ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਨੀਲੋਂ ਕਲਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਦਸਤਾਵੇਜ਼ੀ ਫਿਲਮ ਪਿੰਡ ਦੀ ਸੰਗਤ ਨੂੰ ਦਿਖਾਈ ਗਈ

ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਨੀਲੋਂ ਕਲਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਦਸਤਾਵੇਜ਼ੀ ਫਿਲਮ ਪਿੰਡ ਦੀ ਸੰਗਤ ਨੂੰ ਦਿਖਾਈ ਗਈ
ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾ ਰਹੀ ਹੈ ਪੰਜਾਬ ਸਰਕਾਰ

ਨੀਲੋਂ ਕਲਾਂ ਦੇ ਪਿੰਡ ਵਾਸੀਆਂ ਨੇ ਡਾਕੂਮੈਂਟਰੀ ਰਾਹੀਂ ਜਾਣਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਫਲਸਫ਼ਾ

ਪੰਜਾਬ ਸਰਕਾਰ ਵੱਲੋਂ ਦਸਤਾਵੇਜ਼ੀ ਫਿਲਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੀ ਵਿਰਾਸਤ ਨਾਲ ਜੋੜਨ ਦਾ ਉਪਰਾਲਾ: ਸਰਪੰਚ ਕੁਲਜਿੰਦਰ ਕੌਰ

ਸਮਰਾਲਾ, ਲੁਧਿਆਣਾ, 07 ਜੁਲਾਈ (ਮਨਜੀਤ ਸਿੰਘ ਰੋਮਾਣਾ) ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਉਨ੍ਹਾਂ ਦੇ ਮਹਾਨ ਜੀਵਨ ਫਲਸਫ਼ੇ, ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮੰਗਲਵਾਰ ਸ਼ਾਮ ਨੂੰ ਡਾਕੂਮੈਂਟਰੀ ਵੈਨ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਨੀਲੋਂ ਕਲਾਂ ਵਿਖੇ ਪੁੱਜੀ, ਜਿੱਥੇ ਵੈਨ 'ਤੇ ਲਗਾਈ ਗਈ 12 ਫੁੱਟ × 8 ਫੁੱਟ ਦੀ ਵਿਸ਼ਾਲ ਐਲ.ਈ.ਡੀ. ਸਕਰੀਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਸਮਾਜਿਕ ਸੁਧਾਰਾਂ ਅਤੇ ਮਨੁੱਖੀ ਬਰਾਬਰੀ ਲਈ ਪਾਏ ਗਏ ਅਮੁੱਲੇ ਯੋਗਦਾਨ ਬਾਰੇ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਦਸਤਾਵੇਜ਼ੀ ਫਿਲਮ ਦੌਰਾਨ ਪਿੰਡ ਦੀ ਸੰਗਤ ਨੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੀਆਂ ਇਤਿਹਾਸਕ ਘਟਨਾਵਾਂ, ਉਨ੍ਹਾਂ ਦੇ ਆਦਰਸ਼ਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਗਏ ਸੰਦੇਸ਼ਾਂ ਨੂੰ ਧਿਆਨ ਨਾਲ ਦੇਖਿਆ ਅਤੇ ਸੁਣਿਆ। ਫਿਲਮ ਵਿੱਚ ਗੁਰੂ ਰਵਿਦਾਸ ਜੀ ਵੱਲੋਂ ਜਾਤ-ਪਾਤ, ਛੂਤ-ਛਾਤ ਅਤੇ ਸਮਾਜਿਕ ਵਿਤਕਰੇ ਦੇ ਵਿਰੁੱਧ ਦਿੱਤੇ ਗਏ ਸੰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੇ ਮੌਜੂਦ ਲੋਕਾਂ ਨੂੰ ਸਮਾਜਿਕ ਏਕਤਾ, ਆਪਸੀ ਸਦਭਾਵਨਾ ਅਤੇ ਬਰਾਬਰੀ ਦੇ ਸਿਧਾਂਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪਿੰਡ ਨੀਲੋਂ ਕਲਾਂ ਦੀ ਸਰਪੰਚ ਕੁਲਜਿੰਦਰ ਕੌਰ, ਪੰਚਾਇਤ ਮੈਂਬਰਾਂ, ਪਤਵੰਤਿਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਦਸਤਾਵੇਜ਼ੀ ਫਿਲਮਾਂ ਨਵੀਂ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਗਿਆ ਸਮਾਨਤਾ, ਭਾਈਚਾਰੇ, ਸੱਚਾਈ ਅਤੇ ਮਨੁੱਖੀ ਸੇਵਾ ਦਾ ਸੰਦੇਸ਼ ਅੱਜ ਵੀ ਸਮਾਜ ਲਈ ਉਤਨਾ ਹੀ ਪ੍ਰਸੰਗਿਕ ਹੈ ਅਤੇ ਇਸ ਨੂੰ ਹਰ ਵਰਗ ਤੱਕ ਪਹੁੰਚਾਉਣ ਦੀ ਲੋੜ ਹੈ।

ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮੁਹਿੰਮ ਨਾ ਸਿਰਫ਼ ਗੁਰੂ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੀ ਹੈ, ਸਗੋਂ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਸਮਾਜਿਕ ਸਦਭਾਵਨਾ ਨੂੰ ਵੀ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਪੇਂਡੂ ਖੇਤਰਾਂ ਵਿੱਚ ਕਰਵਾਉਣ ਨਾਲ ਬੱਚਿਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਆਪਣੀ ਧਾਰਮਿਕ ਅਤੇ ਸਮਾਜਿਕ ਵਿਰਾਸਤ ਬਾਰੇ ਵਧੇਰੇ ਜਾਣਕਾਰੀ ਮਿਲਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੂਬੇ ਭਰ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਵੈਨਾਂ ਰਾਹੀਂ ਦਸਤਾਵੇਜ਼ੀ ਫਿਲਮਾਂ ਦਿਖਾ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਸਮਾਜ ਵਿੱਚ ਬਰਾਬਰੀ, ਭਾਈਚਾਰੇ, ਸਮਾਜਿਕ ਨਿਆਂ ਅਤੇ ਮਨੁੱਖਤਾ ਦੇ ਉੱਚੇ ਮੁੱਲਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ