ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਗੁਰੂ ਰਵਿਦਾਸ ਜੀ ਦੇ ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨਾਲ ਲੋਕਾਂ ਨੂੰ ਜੋੜ ਰਹੀ ਦਸਤਾਵੇਜ਼ੀ ਫਿਲਮ

ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਗੁਰੂ ਰਵਿਦਾਸ ਜੀ ਦੇ ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨਾਲ ਲੋਕਾਂ ਨੂੰ ਜੋੜ ਰਹੀ ਦਸਤਾਵੇਜ਼ੀ ਫਿਲਮ
ਬਲਾਕ ਰਾਏਕੋਟ ਤੇ ਮਾਛੀਵਾੜਾ ਸਾਹਿਬ ਦੇ ਪਿੰਡਾਂ ਵਿੱਚ ਗੁਰੂ ਰਵਿਦਾਸ ਜੀ ਦੀ ਜੀਵਨੀ 'ਤੇ ਦਿਖਾਈ ਗਈ ਫਿਲਮ

ਲੁਧਿਆਣਾ, 10 ਜੁਲਾਈ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਉਪਦੇਸ਼ਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪ੍ਰਦਰਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲੜੀ ਅਧੀਨ ਸ਼ੁੱਕਰਵਾਰ ਸ਼ਾਮ ਨੂੰ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਰਾਏਕੋਟ ਦੇ ਪਿੰਡ ਜੱਟਪੁਰਾ ਅਤੇ ਪਿੰਡ ਬੱਸੀਆਂ, ਜਦਕਿ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਗੜ੍ਹੀ ਤਰਖਾਣਾ ਅਤੇ ਪਿੰਡ ਭਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ, ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਦਾ ਵਿਸ਼ੇਸ਼ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਪਿੰਡ ਜੱਟਪੁਰਾ ਦੀ ਸਰਪੰਚ ਸ੍ਰੀਮਤੀ ਰਵਿੰਦਰ ਕੌਰ, ਪਿੰਡ ਬੱਸੀਆਂ ਦੇ ਸਰਪੰਚ ਸ੍ਰੀ ਸੁਖਵਿੰਦਰ ਸਿੰਘ, ਪਿੰਡ ਗੜ੍ਹੀ ਤਰਖਾਣਾ ਦੇ ਸਰਪੰਚ ਸ੍ਰੀ ਗੁਰਵੀਰ ਸਿੰਘ ਅਤੇ ਪਿੰਡ ਭਰਥਲਾ ਦੇ ਸਰਪੰਚ ਸ੍ਰੀ ਅਰੁਣ ਕੁਮਾਰ ਨੇ ਪੰਚਾਇਤ ਮੈਂਬਰਾਂ, ਪਤਵੰਤਿਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨਾਲ ਸ਼ਮੂਲੀਅਤ ਕਰਦਿਆਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਉੱਚ ਆਦਰਸ਼ਾਂ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਦੇਖਿਆ।

ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਗਏ ਸਮਾਨਤਾ, ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ, ਸਮਾਜਿਕ ਨਿਆਂ, ਸੱਚ, ਕਿਰਤ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਫਿਲਮ ਰਾਹੀਂ ਗੁਰੂ ਜੀ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਧਾਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਗਿਆ, ਜਿਸ ਦੀ ਹਾਜ਼ਰ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਵਿਲੱਖਣ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਦਸਤਾਵੇਜ਼ੀ ਪ੍ਰੋਗਰਾਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ, ਗੁਰੂਆਂ ਅਤੇ ਸਮਾਜ ਸੁਧਾਰਕਾਂ ਦੇ ਜੀਵਨ ਅਤੇ ਵਿਚਾਰਾਂ ਨਾਲ ਜਾਣੂ ਕਰਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਮਿਲੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਏਕਤਾ, ਭਾਈਚਾਰੇ, ਸਮਾਨਤਾ ਅਤੇ ਮਨੁੱਖਤਾ ਦਾ ਰਾਹ ਦਿਖਾਉਂਦੀਆਂ ਹਨ।

ਇਸ ਮੌਕੇ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ ਅਤੇ ਅਨਮੋਲ ਸਿੱਖਿਆਵਾਂ ਤੋਂ ਪ੍ਰੇਰਣਾ ਹਾਸਲ ਕਰ ਸਕਣ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ