ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ
ਬਲਾਕ ਖੰਨਾ, ਜਗਰਾਉਂ ਅਤੇ ਲੁਧਿਆਣਾ-2 ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਸੰਦੇਸ਼ ਪਹੁੰਚਿਆ
ਖੰਨਾ, ਜਗਰਾਉਂ, ਲੁਧਿਆਣਾ, 27 ਜੁਲਾਈ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਦੇਰ ਸ਼ਾਮ ਬਲਾਕ ਖੰਨਾ ਦੇ ਪਿੰਡ ਅਸਗਰੀਪੁਰ, ਬਲਾਕ ਜਗਰਾਉਂ ਦੇ ਪਿੰਡ ਕੱਕੜ ਅਤੇ ਕੰਨੀਆਂ ਹੁਸੈਨੀਂ, ਅਤੇ ਬਲਾਕ ਲੁਧਿਆਣਾ-2 ਦੇ ਪਿੰਡ ਸਸਰਾਲੀ ਕਲੋਨੀ, ਗੜ੍ਹੀ ਫਾਜ਼ਲ ਅਤੇ ਸੇਖੇਵਾਲ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਅਧਿਆਤਮਿਕ ਯਾਤਰਾ ਨੂੰ ਦਰਸਾਉਂਦੀ ਵਿਸ਼ੇਸ਼ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ।
ਲਗਭਗ 30 ਮਿੰਟ ਦੀ ਇਸ ਡਾਕੂਮੈਂਟਰੀ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਹੋਰ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ। ਹਾਜ਼ਰੀਨ ਨੇ ਇਸ ਨੂੰ ਜਾਣਕਾਰੀ ਭਰਪੂਰ ਅਤੇ ਪ੍ਰੇਰਨਾਦਾਇਕ ਕਰਾਰ ਦਿੰਦਿਆਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਅਧਿਆਤਮਿਕ ਯਾਤਰਾ 'ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਇਸ ਦੌਰਾਨ ਗੁਰੂ ਜੀ ਦੀਆਂ ਬਰਾਬਰੀ, ਸਮਾਜਿਕ ਨਿਆਂ, ਦਇਆ, ਨਿਮਰਤਾ, ਨਿਸ਼ਕਾਮ ਸੇਵਾ ਅਤੇ ਪਰਮਾਤਮਾ ਪ੍ਰਤੀ ਅਟੁੱਟ ਭਗਤੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ, ਜਾਤ-ਪਾਤ, ਵਿਤਕਰੇ ਅਤੇ ਸਮਾਜਿਕ ਅਸਮਾਨਤਾਵਾਂ ਤੋਂ ਰਹਿਤ ਸਮਾਜ ਦੀ ਸਿਰਜਣਾ ਸੰਬੰਧੀ ਗੁਰੂ ਜੀ ਦੇ ਮਹਾਨ ਸੰਦੇਸ਼ ਨੂੰ ਵੀ ਸੁੰਦਰ ਢੰਗ ਨਾਲ ਦਰਸਾਇਆ ਗਿਆ, ਜੋ ਅੱਜ ਵੀ ਮਨੁੱਖਤਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਲਈ ਮਾਰਗਦਰਸ਼ਕ ਹੈ।
ਇਹ ਡਾਕੂਮੈਂਟਰੀ ਪੰਜਾਬ ਸਰਕਾਰ ਦੀ ਉਸ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਾਂ ਅਤੇ ਆਦਰਸ਼ਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਇਲਾਕਾ ਨਿਵਾਸੀਆਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਸਮੇਂ ਦੀ ਲੋੜ ਦੱਸਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ।
टिप्पणियाँ
एक टिप्पणी भेजें