ਵਿਧਾਇਕ ਗਿਆਸਪੁਰਾ ਨੇ ਪਾਇਲ ਹਲਕੇ 'ਚ 28 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ
ਵਿਧਾਇਕ ਗਿਆਸਪੁਰਾ ਨੇ ਪਾਇਲ ਹਲਕੇ 'ਚ 28 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ
ਮਾਨ ਸਰਕਾਰ ਨੇ ਸਾਢੇ ਚਾਰ ਸਾਲ ਅੰਦਰ 70 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ - ਵਿਧਾਇਕ ਗਿਆਸਪੁਰਾ
ਕਾਂਗਰਸ ਨੇ ਘਰ ਘਰ ਨੌਕਰੀ ਦਾ ਵਾਅਦਾ ਕਰਕੇ ਸਿਰਫ਼ ਕੋਟਲੀ ਪਰਿਵਾਰ ਦੇ ਪੁੱਤ ਨੂੰ ਡੀ.ਐਸ.ਪੀ ਲਾਇਆ - ਗਿਆਸਪੁਰਾ
ਅਕਾਲੀ-ਭਾਜਪਾ ਗਠਜੋੜ ਕਦੇ ਅੰਦਰਖਾਤੇ ਟੁੱਟਿਆ ਹੀ ਨਹੀਂ, ਪੰਜਾਬ ਦੇ ਲੋਕ ਕਦੇ ਮੂੰਹ ਨਹੀਂ ਲਾਉਣਗੇ
ਪਾਇਲ, (ਲੁਧਿਆਣਾ), 22 ਅਗਸਤ (ਮਨਜੀਤ ਸਿੰਘ ਰੋਮਾਣਾ)
ਹਲਕਾ ਪਾਇਲ ਦੇ ਲੋਕਾਂ ਲਈ ਰੁਜ਼ਗਾਰ ਦੇ ਖੇਤਰ ਵਿੱਚ ਉਸ ਸਮੇਂ ਖੁਸ਼ੀ ਦਾ ਮਾਹੌਲ ਬਣ ਗਿਆ, ਜਦੋਂ ਦਾਣਾ ਮੰਡੀ ਪਾਇਲ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ 12 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ 16 ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀ ਪੱਤਰ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਗਏ। ਨਿਯੁਕਤੀ ਪੱਤਰ ਮਿਲਣ ਮੌਕੇ ਮੁਲਾਜ਼ਮਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਵੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇਣ ਦੀ ਨੀਤੀ ਤਹਿਤ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜੋ ਪੰਜਾਬ ਦੇ ਨੌਜਵਾਨਾਂ ਲਈ ਵੱਡੀ ਪ੍ਰਾਪਤੀ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਹਲਕਾ ਪਾਇਲ ਦੇ ਨੌਜਵਾਨਾਂ ਨੂੰ ਹੁਣ ਤੱਕ ਲਗਭਗ 1250 ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ। ਗਿਆਸਪੁਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਗਈ ਹੈ। ਉਨ੍ਹਾਂ ਪਿਛਲੀ ਕਾਂਗਰਸ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਕਾਂਗਰਸ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਦੇ ਬੱਚਿਆਂ ਲਈ ਸਰਕਾਰੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ।
ਉਨ੍ਹਾਂ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਦਿੱਤੀਆਂ ਸਰਕਾਰੀ ਨੌਕਰੀਆਂ ਦਾ ਰਿਕਾਰਡ ਜਨਤਕ ਕਰਨ। ਗਿਆਸਪੁਰਾ ਨੇ ਕੋਟਲੀ ਪਰਿਵਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਮ ਪਰਿਵਾਰਾਂ ਦੇ ਨੌਜਵਾਨਾਂ ਦੀ ਬਜਾਏ ਸਿਆਸੀ ਤੌਰ ’ਤੇ ਪ੍ਰਭਾਵਸ਼ਾਲੀ ਪਰਿਵਾਰਾਂ ਨੂੰ ਤਰਜੀਹ ਮਿਲਦੀ ਰਹੀ। ਕਾਂਗਰਸ ਨੇ ਸਿਰਫ਼ ਕੋਟਲੀ ਪਰਿਵਾਰ ਦੇ ਪੁੱਤ ਨੂੰ ਡੀ.ਐਸ.ਪੀ ਲਾਇਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਿੱਚ ਭਰਤੀ ਪ੍ਰਕਿਰਿਆ ਨੂੰ ਯੋਗਤਾ ਅਤੇ ਪਾਰਦਰਸ਼ਤਾ ਨਾਲ ਅੱਗੇ ਵਧਾਇਆ ਜਾ ਰਿਹਾ ਹੈ।
ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗਠਜੋੜ ਸਬੰਧੀ ਪੁੱਛੇ ਸਵਾਲ ’ਤੇ ਵਿਧਾਇਕ ਗਿਆਸਪੁਰਾ ਨੇ ਦੋਵਾਂ ਪਾਰਟੀਆਂ ’ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੀਆਂ ਸਰਕਾਰਾਂ ਦੇ ਕੰਮਕਾਜ ਨੂੰ ਚੰਗੀ ਤਰ੍ਹਾਂ ਦੇਖ ਚੁੱਕੇ ਹਨ ਅਤੇ ਹੁਣ ਉਹ ਵਿਕਾਸ, ਰੁਜ਼ਗਾਰ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਦੋਵਾਂ ਪਾਰਟੀਆਂ ਦੇ ਰਿਸ਼ਤੇ ਨੂੰ ‘ਪਤੀ-ਪਤਨੀ’ ਵਾਲਾ ਕਰਾਰ ਦਿੰਦਿਆਂ ਕਿਹਾ ਕਿ ਸਿਰਫ਼ ਭੂਮਿਕਾਵਾਂ ਬਦਲੀਆਂ ਹਨ, ਪਰ ਰਿਸ਼ਤਾ ਉਹੀ ਹੈ। ਉਨ੍ਹਾਂ ਤਿੱਖੇ ਸ਼ਬਦਾਂ ਵਿੱਚ ਭਾਜਪਾ ਅਤੇ ਅਕਾਲੀ ਦਲ ਦੀ ਆਲੋਚਨਾ ਵੀ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਲੋਕ ਇਹਨਾਂ ਨੂੰ ਮੂੰਹ ਨਹੀਂ ਲਾਉਣਗੇ।
ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰ ਨਵਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਸ ਨੇ ਪੀ.ਐਚ.ਡੀ ਤੱਕ ਉੱਚ ਪੱਧਰੀ ਪੜ੍ਹਾਈ ਕੀਤੀ ਹੈ ਅਤੇ ਪਿਛਲੇ ਸੱਤ-ਅੱਠ ਸਾਲਾਂ ਤੋਂ ਸਰਕਾਰੀ ਨੌਕਰੀ ਲਈ ਲਗਾਤਾਰ ਮਿਹਨਤ ਕਰ ਰਹੀ ਸੀ। ਉਸਨੇ ਕਿਹਾ ਕਿ ਹੁਣ ਉਸ ਨੂੰ ਆਂਗਣਵਾੜੀ ਵਰਕਰ ਵਜੋਂ ਨਿਯੁਕਤੀ ਮਿਲਣ ਨਾਲ ਉਸ ਦਾ ਲੰਬੇ ਸਮੇਂ ਦਾ ਸੁਪਨਾ ਪੂਰਾ ਹੋਇਆ ਹੈ। ਨਵਦੀਪ ਕੌਰ ਨੇ ਦਾਅਵਾ ਕੀਤਾ ਕਿ ਇਸ ਵਾਰ ਨਿਯੁਕਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੋਈ ਹੈ ਅਤੇ ਯੋਗ ਉਮੀਦਵਾਰਾਂ ਨੂੰ ਮੌਕਾ ਮਿਲਿਆ ਹੈ।
ਸਮਾਗਮ ਵਿੱਚ ਵਿਧਾਇਕ ਗਿਆਸਪੁਰਾ ਦੀ ਪਤਨੀ ਰਮਨਦੀਪ ਕੌਰ ਗਿਆਸਪੁਰਾ, ਆੜਤੀ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਐਡਵੋਕੇਟ ਅਭੈ ਸਿੰਘ ਬੈਂਸ, ਨਗਰ ਕੌਂਸਲ ਪਾਇਲ ਦੀ ਪ੍ਰਧਾਨ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਰਾਣੋਂ, ਰਾਣਾ ਕੂਨਰ, ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਅਨਮੋਲ ਸ਼ਰਮਾ ਐਨੀ, ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ, ਸੀਡੀਪੀਓ ਹਰਜੀਤ ਕੌਰ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।
ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਨਿਯੁਕਤੀ ਪੱਤਰ ਮਿਲਣ ’ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰੀ ਨੌਕਰੀ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਸਥਿਰਤਾ ਮਿਲੇਗੀ ਅਤੇ ਉਹ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਲਈ ਆਪਣੀਆਂ ਸੇਵਾਵਾਂ ਹੋਰ ਸਮਰਪਣ ਨਾਲ ਨਿਭਾਉਣਗੇ।
टिप्पणियाँ
एक टिप्पणी भेजें