ਸਪੋਰਟਸ ਪ੍ਰਮੋਟਰ ਸੋਨੀਆ ਅਲੱਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵਿਕਾ ਸਨਮਾਨ
ਸਪੋਰਟਸ ਪ੍ਰਮੋਟਰ ਸੋਨੀਆ ਅਲੱਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵਿਕਾ ਸਨਮਾਨ
ਲੁਧਿਆਣਾ 16 ਅਗਸਤ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੀ ਮੈਂਬਰ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਅਲੱਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵਿਕਾ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। 15 ਅਗਸਤ ਦੇ ਆਜ਼ਾਦੀ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਮੈਦਾਨ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਅਨਮੁੱਲ ਯੋਗਦਾਨ ਸਦਕਾ ਸਨਮਾਨਿਤ ਕੀਤਾ।
ਸਨਮਾਨ ਮਿਲਣ ’ਤੇ ਸੋਨੀਆ ਅਲੱਗ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬੇਹੱਦ ਮਾਣ ਅਤੇ ਖੁਸ਼ੀ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਉਨ੍ਹਾਂ ਲਈ ਕਿਸੇ ਅਹੁਦੇ ਜਾਂ ਸਨਮਾਨ ਦੀ ਪ੍ਰਾਪਤੀ ਦਾ ਸਾਧਨ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸਮਾਜ ਦੇ ਲੋੜਵੰਦ ਵਰਗਾਂ ਦੀ ਮਦਦ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਰੱਖਣਗੇ।
ਸੋਨੀਆ ਅਲੱਗ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਗਮ ਦੌਰਾਨ ਸਨਮਾਨ ਦੇਣ ਵਾਲੇ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸਮਾਜ ਸੇਵਾ ਨਾਲ ਜੁੜੇ ਲੋਕਾਂ ਦਾ ਹੌਸਲਾ ਵਧਾਉਂਦੇ ਹਨ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਸਮਾਜ ਅਤੇ ਖੇਡਾਂ ਦੇ ਖੇਤਰ ਵਿੱਚ ਹੋਰ ਵਧੇਰੇ ਉਪਰਾਲੇ ਕਰਨ ਲਈ ਵਚਨਬੱਧ ਹਨ।
टिप्पणियाँ
एक टिप्पणी भेजें