ਆਮ ਆਦਮੀ ਪਾਰਟੀ ਯੂਥ ਵਿੰਗ ਵੱਲੋਂ ਵਿਸ਼ਾਲ ਤਿਰੰਗਾ ਯਾਤਰਾ, ਨੌਜਵਾਨਾਂ ਨੇ ਦਿੱਤਾ ਦੇਸ਼ਭਗਤੀ ਅਤੇ ਵਿਕਾਸ ਦਾ ਸੰਦੇਸ਼
ਆਮ ਆਦਮੀ ਪਾਰਟੀ ਯੂਥ ਵਿੰਗ ਵੱਲੋਂ ਵਿਸ਼ਾਲ ਤਿਰੰਗਾ ਯਾਤਰਾ, ਨੌਜਵਾਨਾਂ ਨੇ ਦਿੱਤਾ ਦੇਸ਼ਭਗਤੀ ਅਤੇ ਵਿਕਾਸ ਦਾ ਸੰਦੇਸ਼
ਲੁਧਿਆਣਾ: 15 ਅਗਸਤ (ਮਨਜੀਤ ਸਿੰਘ ਰੋਮਾਣਾ) ਆਜ਼ਾਦੀ ਦਿਵਸ ਦੇ ਮੌਕੇ ’ਤੇ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਵੱਲੋਂ ਦੇਸ਼ਭਗਤੀ, ਏਕਤਾ ਅਤੇ ਰਾਸ਼ਟਰੀ ਜਜ਼ਬੇ ਨੂੰ ਸਮਰਪਿਤ ਵਿਸ਼ਾਲ ਤਿਰੰਗਾ ਯਾਤਰਾ ਲੁਧਿਆਣਾ ਵਿਖੇ ਕੱਢੀ ਗਈ। ਇਹ ਯਾਤਰਾ ਯੂਥ ਵਿੰਗ ਪੰਜਾਬ ਦੇ ਸਟੇਟ ਵਾਈਸ ਪ੍ਰਧਾਨ ਅਤੇ ਮਾਲਵਾ ਜ਼ੋਨ ਇੰਚਾਰਜ ਸ. ਪਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਈ ਗਈ।
ਤਿਰੰਗਾ ਯਾਤਰਾ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਗੂਆਂ ਅਤੇ ਵਰਕਰਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨੌਜਵਾਨਾਂ ਦੇ ਹੱਥਾਂ ਵਿੱਚ ਤਿਰੰਗੇ ਅਤੇ ਦੇਸ਼ਭਗਤੀ ਦੇ ਨਾਅਰਿਆਂ ਨਾਲ ਪੂਰਾ ਮਾਹੌਲ ਦੇਸ਼ਭਗਤੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।
ਇਸ ਮੌਕੇ ਸ. ਪਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਤਿਰੰਗਾ ਸਿਰਫ਼ ਇੱਕ ਝੰਡਾ ਨਹੀਂ, ਸਗੋਂ ਸਾਡੇ ਦੇਸ਼ ਦੀ ਏਕਤਾ, ਅਖੰਡਤਾ, ਆਜ਼ਾਦੀ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਪ੍ਰਤੀਕ ਹੈ। ਦੇਸ਼ ਦੀ ਆਜ਼ਾਦੀ ਲਈ ਅਣਗਿਣਤ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਜਿਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਫਰਜ਼ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਸਾਡੇ ਦੇਸ਼ ਦੀ ਤਾਕਤ ਹਨ। ਨੌਜਵਾਨਾਂ ਨੂੰ ਸਿੱਖਿਆ, ਖੇਡਾਂ, ਰੋਜ਼ਗਾਰ, ਸਮਾਜ ਸੇਵਾ ਅਤੇ ਦੇਸ਼ ਦੀ ਤਰੱਕੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਯੂਥ ਵਿੰਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਲੋਕ-ਹਿੱਤ ਅਤੇ ਸਮਾਜ ਸੇਵਾ ਦੇ ਕੰਮਾਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਸ. ਸੰਧੂ ਨੇ ਕਿਹਾ ਕਿ ਦੇਸ਼ਭਗਤੀ ਸਿਰਫ਼ ਤਿਰੰਗਾ ਲਹਿਰਾਉਣ ਤੱਕ ਸੀਮਤ ਨਹੀਂ, ਸਗੋਂ ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕਰਨਾ ਵੀ ਸੱਚੀ ਦੇਸ਼ਭਗਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਪੰਜਾਬ ਦੀ ਤਰੱਕੀ ਅਤੇ ਦੇਸ਼ ਦੀ ਮਜ਼ਬੂਤੀ ਲਈ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਸ. ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ, ਬਿਜਲੀ, ਬੁਨਿਆਦੀ ਢਾਂਚੇ ਅਤੇ ਲੋਕ-ਭਲਾਈ ਨਾਲ ਜੁੜੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ, ਸਿੱਖਿਆ ਦੇ ਖੇਤਰ ਵਿੱਚ ਸੁਧਾਰ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਰਗੀਆਂ ਪਹਿਲਕਦਮੀਆਂ ਰਾਹੀਂ ਪੰਜਾਬ ਨੂੰ ਅੱਗੇ ਲਿਜਾਣ ਦੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਹੈ। ਪੰਜਾਬ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ।
ਸ. ਪਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਯੂਥ ਵਿੰਗ ਪੰਜਾਬ ਦੇ ਨੌਜਵਾਨਾਂ ਨੂੰ ਇੱਕਜੁੱਟ ਕਰਕੇ “ਨੌਜਵਾਨਾਂ ਦੀ ਤਾਕਤ—ਪੰਜਾਬ ਦੀ ਤਰੱਕੀ” ਦੇ ਸੰਕਲਪ ਨਾਲ ਅੱਗੇ ਵਧ ਰਿਹਾ ਹੈ।
ਉਨ੍ਹਾਂ ਅਗੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਸਹੀ ਦਿਸ਼ਾ ਦੇ ਕੇ ਸਿੱਖਿਆ, ਰੋਜ਼ਗਾਰ, ਖੇਡਾਂ ਅਤੇ ਸਮਾਜ ਸੇਵਾ ਨਾਲ ਜੋੜਨਾ ਯੂਥ ਵਿੰਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ।
ਤਿਰੰਗਾ ਯਾਤਰਾ ਵਿੱਚ ਲੁਧਿਆਣਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ. ਐੱਮ.ਪੀ. ਜਵੱਦੀ, ਜ਼ਿਲ੍ਹਾ ਪ੍ਰਧਾਨ ਦਿਹਾਤੀ ਸ. ਕਰਨ ਸ਼ਿਓਰਾ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਸ. ਹਰਪ੍ਰੀਤ ਸਿੰਘ ਜੀ ਸਮੇਤ ਪਾਰਟੀ ਦੇ ਆਗੂਆਂ ਅਤੇ ਯੂਥ ਵਿੰਗ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਹਲਕਾ ਪ੍ਰਧਾਨ ਜਸਵੀਰ ਸਿੰਘ, ਕਰਮਜੀਤ ਸਿੰਘ, ਦਿਲਜੋਤ ਸਿੰਘ, ਕਾਕਾ ਮਾਛੀਵਾੜਾ, ਅੰਮ੍ਰਿਤ ਸਿੰਘ, ਇੰਦਰਜੀਤ ਸਿੰਘ, ਵਿਸ਼ਾਲ ਕੁਮਾਰ ਅਤੇ ਕੱਲੀ ਘਈ ਸਮੇਤ ਵੱਡੀ ਗਿਣਤੀ ਵਿੱਚ ਯੂਥ ਆਗੂ ਅਤੇ ਵਰਕਰ ਮੌਜੂਦ ਰਹੇ।
ਤਿਰੰਗਾ ਯਾਤਰਾ ਦੌਰਾਨ ਨੌਜਵਾਨਾਂ ਨੇ “ਭਾਰਤ ਮਾਤਾ ਕੀ ਜੈ”, “ਵੰਦੇ ਮਾਤਰਮ” ਅਤੇ “ਜੈ ਹਿੰਦ” ਦੇ ਨਾਅਰੇ ਲਗਾ ਕੇ ਦੇਸ਼ਭਗਤੀ ਦਾ ਜਜ਼ਬਾ ਪ੍ਰਗਟ ਕੀਤਾ। ਯਾਤਰਾ ਨੇ ਲੋਕਾਂ ਵਿੱਚ ਦੇਸ਼ਭਗਤੀ, ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਪਹੁੰਚਾਇਆ।
टिप्पणियाँ
एक टिप्पणी भेजें