ਦੋਰਾਹਾ ਵਿੱਚ ਵਿਸ਼ੇਸ਼ ਸਵੱਛਤਾ ਅਭਿਆਨ ਤਹਿਤ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਖੁਦ ਸੰਭਾਲੀ ਸਫ਼ਾਈ ਮੁਹਿੰਮ ਦੀ ਕਮਾਨ
ਦੋਰਾਹਾ ਵਿੱਚ ਵਿਸ਼ੇਸ਼ ਸਵੱਛਤਾ ਅਭਿਆਨ ਤਹਿਤ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਖੁਦ ਸੰਭਾਲੀ ਸਫ਼ਾਈ ਮੁਹਿੰਮ ਦੀ ਕਮਾਨ
ਦੋਰਾਹਾ ਨੂੰ ਸਾਫ਼-ਸੁਥਰਾ ਬਣਾਉਣ ਲਈ ਸਰਕਾਰੀ ਯਤਨਾਂ ਨਾਲ ਲੋਕਾਂ ਦੀ ਭਾਗੀਦਾਰੀ ਜ਼ਰੂਰੀ: ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ
ਦੋਰਾਹਾ, ਲੁਧਿਆਣਾ, 30 ਅਗਸਤ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਭਰ ਵਿੱਚ ਸਾਫ਼-ਸਫ਼ਾਈ ਅਤੇ ਸੈਨੀਟੇਸ਼ਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ 10 ਦਿਨਾਂ ਵਿਸ਼ੇਸ਼ ਸਵੱਛਤਾ ਅਭਿਆਨ ਤਹਿਤ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਰਾਹਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ।
ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਟੀਮਾਂ ਵੱਲੋਂ ਸੜਕਾਂ, ਜਨਤਕ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਸਫ਼ਾਈ ਕੀਤੀ ਗਈ। ਇਸ ਤੋਂ ਇਲਾਵਾ ਇਕੱਠੇ ਹੋਏ ਕੂੜੇ ਨੂੰ ਹਟਾਉਣ ਦੇ ਨਾਲ-ਨਾਲ ਗਾਰਬੇਜ ਵਲਨਰੇਬਲ ਪੁਆਇੰਟਸ ਅਤੇ ਬਲੈਕ ਸਪਾਟਸ ਦੀ ਵੀ ਵਿਸ਼ੇਸ਼ ਤੌਰ ’ਤੇ ਸਫ਼ਾਈ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਨਗਰ ਕੌਂਸਲ ਦੋਰਾਹਾ ਦੇ ਖੇਤਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਛਾਣੇ ਗਏ ਸਾਰੇ ਸੰਵੇਦਨਸ਼ੀਲ ਸਥਾਨਾਂ ਦੀ ਪੂਰੀ ਤਰ੍ਹਾਂ ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਉੱਥੇ ਮੁੜ ਕੂੜਾ ਇਕੱਠਾ ਨਾ ਹੋਣ ਦੇਣ ਲਈ ਨਿਰੰਤਰ ਨਿਗਰਾਨੀ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਮੈਨਪਾਵਰ, ਮਸ਼ੀਨਰੀ ਅਤੇ ਵਾਹਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਸਫ਼ਾਈ ਸਬੰਧੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ’ਤੇ ਵੀ ਜ਼ੋਰ ਦਿੰਦਿਆਂ ਫੀਲਡ ਸਟਾਫ਼ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ।
ਵਿਧਾਇਕ ਗਿਆਸਪੁਰਾ ਨੇ ਨਗਰ ਕੌਂਸਲ ਦੋਰਾਹਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਕਿਹਾ ਕਿ ਦੋਰਾਹਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।
टिप्पणियाँ
एक टिप्पणी भेजें